October 30, 2011 admin

ਕਿਸਾਨਾਂ ਨੂੰ 5.50 ਲੱਖ ਕੁਇੰਟਲ ਕਣਕ ਦਾ ਆਧੁਨਿਕ ਕਿਸਮ ਦਾ ਬੀਜ 500 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ

ਹੁਸ਼ਿਆਰਪੁਰ – ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਨੂੰ 5.50 ਲੱਖ ਕੁਇੰਟਲ ਕਣਕ ਦਾ ਆਧੁਨਿਕ ਕਿਸਮ ਦਾ ਬੀਜ 500 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ ਖੇਤੀ ਭਵਨ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨ ਉਪਰੰਤ ਕੀਤਾ।  
 ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਕਿਸਾਨਾਂ ਨੂੰ 30 ਕਿਸਮ ਦੇ ਖੇਤੀਬਾੜੀ ਸੰਦ 25 ਤੋਂ 50 ਪ੍ਰਤੀਸ਼ਤ ਸਬਸਿਡੀ ਤੇ ਦਿੱਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਅੰਦਰ ਮਿੱਟੀ ਦੀ ਪਰਖ ਮੁਫ਼ਤ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਆਪਣੀਆਂ ਜਮੀਨਾਂ ਦੀ ਮਿੱਟੀ ਦੀ ਪਰਖ ਕਰਾਉਣੀ ਚਾਹੀਦੀ ਹੈ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਦੇ ਅਨੁਸਾਰ ਫ਼ਸਲਾਂ ਦੀ ਬਿਜਾਈ ਕੀਤੀ ਜਾ ਸਕੇ।  ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰ ਵੱਲੋਂ ਜਿਪਸਮ ਤੇ 57 ਫੀਸਦੀ  ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਾਲਾਂ ਤੇ ਤੇਲ ਬੀਜਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਦਾ ਸਮਾਂ ਸ਼ੁਰੂ ਹੋ ਗਿਆ ਹੈ ਅਤੇ ਇਸ ਸਮੇਂ ਦੌਰਾਨ ਕਿਸਾਨਾਂ ਨੂੰ ਬਿਜਾਈ ਸਬੰਧੀ ਸਹੀ ਜਾਣਕਾਰੀ ਦੇਣਾ ਅਤੇ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂ ਕਰਾਉਣ ਲਈ ਇਹ ਕਿਸਾਨ ਮੇਲੇ ਤੇ ਸਿਖਲਾਈ ਕੈਂਪ ਲਾਭਦਾਇਕ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਡੀ ਏ ਪੀ ਅਤੇ ਯੂਰੀਆ ਖਾਦਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਉਪਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਕਿਸਾਨੀ ਨੂੰ ਤਬਾਹ ਕਰਨ ਵਾਲਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਵੱਲੋਂ ਖਾਦਾਂ ਉਪਰ ਸਬਸਿਡੀ ਦਿੱਤੀ ਜਾਂਦੀ ਸੀ ਜਿਸ ਨੂੰ ਹੁਣ ਖਤਮ ਕੀਤਾ ਜਾ ਰਿਹਾ ਹੈ ਜਿਸ ਕਾਰਨ ਖਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਖਾਦਾਂ ਉਪਰ ਸਬਸਿਡੀ ਜਾਰੀ ਰੱਖੀ ਜਾਵੇ ਤਾਂ ਜੋ ਕਿਸਾਨੀ ਨੂੰ ਬਚਾਇਆ ਜਾ ਸਕੇ ਕਿਉਂਕਿ ਪੰਜਾਬ ਕੇਂਦਰ ਦੇ ਅਨਾਜ ਭੱਡਾਰ ਵਿੱਚ 60 ਫੀਸਦੀ ਯੋਗਦਾਨ ਪਾਉਂਦਾ ਆ ਰਿਹਾ ਹੈ।  ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਦੇ ਕੰਢੀ ਇਲਾਕੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਲਈ  ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਜਿਨ੍ਹਾਂ ਤਹਿਤ ਜੰਗਲੀ ਜਾਨਵਰਾਂ ਦੁਆਰਾ ਫ਼ਸਲੀ ਅਤੇ ਜਾਨੀ ਮਾਲੀ ਨੁਕਸਾਨ ਸਬੰਧੀ ਮੁਆਵਜ਼ਾ ਦੇਣ, ਸਿੰਚਾਈ ਸਹੂਲਤ ਲਈ ਡੂੰਘੇ ਟਿਊਬਵੈਲ ਲਗਾਉਣ ਅਤੇ ਬਾਰਿਸ਼ ਨਾ ਹੋਣ ਕਾਰਨ ਸੋਕੇ ਵਰਗੀ ਸਥਿਤੀ ਨਾਲ ਨਿਪਟਣ ਲਈ ਪ੍ਰਬੰਧ ਕਰ ਲਏ ਗਏ ਹਨ।
 ਇਸ ਮੌਕੇ ਤੇ ਖੇਤੀਬਾੜੀ ਵਿਭਾਗ ਦੇ ਸਯੁੰਕਤ ਡਾਇਰੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਹਰੀ ਖਾਦ ਤਿਆਰ ਕਰਨ ਲਈ ਢਿੰਝਣ ਦੀ ਬਿਜਾਈ ਲਈ 8 ਕਰੋੜ ਰੁਪਏ ਇਸ ਸਾਲ ਦੌਰਾਨ ਰੱਖੇ ਗਏ ਹਨ ਤਾਂ ਜੋ ਖਾਦਾਂ ਦੀਆਂ ਵੱਧ ਰਹੀਆਂ ਕੀਮਤਾਂ ਦੇ ਮੁਕਾਬਲੇ ਸਸਤੇ ਰੂਪ ਵਿੱਚ ਹਰੀ ਖਾਦ ਕਿਸਾਨਾਂ ਨੂੰ ਮਿਲ ਸਕੇ। ਉਨ੍ਹਾ ਕਿਹਾ ਕਿ ਹਾੜੀ ਦੀਆਂ ਫ਼ਸਲਾਂ ਦੌਰਾਨ ਡੀ ਏ ਪੀ, ਯੂਰੀਆ ਅਤੇ ਹੋਰ ਲੋੜੀਂਦੀਆਂ ਖਾਦਾਂ ਦੇ ਵਿਆਪਕ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਇਨ੍ਹਾਂ ਖਾਦਾਂ ਦੀ ਪੰਜਾਬ ਨੂੰ ਕੋਈ ਥੁੜ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕਣਕ ਦੀ ਬੀਜਾਈ ਹੇਠ ਰਕਬਾ ਲਗਾਤਾਰ ਵੱਧ ਰਿਹਾ ਹੈ ਜੋ 40 ਲੱਖ ਹੈਕਟੇਅਰ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦ ਦੀ ਬੋਰੀ ਉਪਰ ਜੋ ਕੀਮਤ ਲਿਖੀ ਹੈ, ਉਸ ਦੇ ਹਿਸਾਬ ਨਾਲ ਅਦਾਇਗੀ ਕੀਤੀ ਜਾਵੇ ਅਤੇ ਪੱਕੇ ਬਿਲ ਲਏ ਜਾਣ ਕਿਉਂਕਿ ਇਹ ਦੇਖਣ ਵਿੱਚ ਆਇਆ ਕਿ ਬਾਜ਼ਾਰ ਵਿੱਚ ਖਾਦ ਦੀ ਇੱਕ ਬੋਰੀ ਵੱਖ-ਵੱਖ ਰੇਟਾਂ ਤੇ ਵਿਕ ਰਹੀ ਹੈ। ਜੇਕਰ ਕੋਈ ਡੀਲਰ ਜਾਂ ਦੁਕਾਨਦਾਰ ਖਾਦ ਦੀ ਨਿਰਧਾਰਤ ਕੀਮਤ ਤੋਂ ਵੱਧ ਕੀਮਤ ਵਸੂਲ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਡਿਪਟੀ ਕਮਿਸ਼ਨਰ ਜਾਂ ਸਬੰਧਤ ਅਧਿਕਾਰੀਆਂ ਨੂੰ ਦਿੱਤੀ ਜਾਵੇ। ਉਨ੍ਹਾਂ ਨੇ ਪੰਜਾਬ ਦੇ ਨੀਮ ਪਹਾੜੀ ਜ਼ਿਲ੍ਹਿਆਂ ਰੋਪੜ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਕਿਸਾਨਾਂ ਨੂੰ ਪੀਲੀ ਕੂੰਗੀ ਕਾਰਨ ਕਣਕ ਦੇ 343 ਬੀਜ ਨਾ ਬੀਜਣ ਦੀ ਸਲਾਹ ਦਿੱਤੀ।
 ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਬਿਨਾਂ ਕਿਸੇ ਦੇਰੀ ਦੇ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਜਿਨਸ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਹਾ।  ਉਨ੍ਹਾਂ ਨੇ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
 ਇਸ ਮੌਕੇ ਤੇ ਮੁੱਖ ਖੇਤੀਬਾੜੀ ਅਫ਼ਸਰ ਸਰਬਜੀਤ ਸਿੰਘ ਕੰਧਾਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਧਰਤੀ ਪਾਣੀ ਤੇ ਹਵਾ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਿਲ੍ਹੇ ਅੰਦਰ ਸਹਾਇਕ ਧੰਦਿਆਂ, ਐਗਰੋ ਫੋਰੈਸਟਰੀ ਅਤੇ ਬਾਗਬਾਨੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਤਮ ਕਿਸਮ ਦੇ ਸਰਟੀਫਾਈਡ ਬੀਜ ਵਰਤਣੇ ਚਾਹੀਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਪਿੰਡਾਂ ਵਿੱਚ ਗੋਬਰ ਆਦਿ ਤੋਂ ਵਰਮੀ ਕੰਪੋਸਟ ਯੂਨਿਟ ਲਗਾ ਕੇ ਆਪਣੀ ਆਰਗੈਨਿਕ ਖਾਦ ਤਿਆਰ ਕਰਨ, ਬਾਇਓਗੈਸ ਪਲਾਂਟ ਲਗਾਉਣ ਅਤੇ ਵਿਭਾਗ ਵੱਲੋਂ ਸਬਸਿਡੀ ਤੇ ਦਿੱਤੀ ਜਾਣ ਵਾਲੀ ਖੇਤੀਬਾੜੀ ਮਸ਼ੀਨਰੀ ਅਤੇ ਹੋਰ ਵਿਭਾਗ ਵੱਲੋਂ ਚਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖੇਤੀਬਾੜੀ ਦੇ ਜੈਵਿਕ ਢੰਗ ਅਪਨਾਉਣ ਅਤੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਪ੍ਰੋਸੈਸਿੰਗ ਕਰਕੇ ਖੁਦ ਮੰਡੀਕਰਨ ਕਰਨ ਤੇ ਜ਼ੋਰ ਦਿੱਤਾ। ਇਸ ਮੌਕੇ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਆਏ ਵੱਖ-ਵੱਖ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਅਤੇ ਡਾ. ਯਾਦਵਿੰਦਰ ਸਿੰਘ ਬੀਜ ਵਿਕਾਸ ਅਫ਼ਸਰ ਹੁਸ਼ਿਆਰਪੁਰ ਨੇ ਕੈਂਪ ਵਿੱਚ ਆਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਸਮਾਗਮ ਦੇ ਅੰਤ ਵਿੱਚ ਖੇਤੀਬਾੜੀ ਵਿਭਾਗ ਵੱਲੋਂ  ਆਏ ਹੋਏ ਮਹਿਮਾਨਾਂ ਅਤੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।  
 ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ, ਚੇਅਰਮੈਨ ਜੈਨਕੋ ਜਤਿੰਦਰ ਸਿੰਘ ਲਾਲੀ ਬਾਜਵਾ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਅਵਤਾਰ ਸਿੰਘ ਸਿੰਘਾਪੁਰ,  ਯਸ਼ਪਾਲ ਸ਼ਰਮਾ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਜਸਬੀਰ ਸਿੰਘ ਸਲੇਰਨ, ਸੁਰੇਸ਼ ਕੁਮਾਰ ਭਾਟੀਆ ਬਿਟੂ, ਅਗਾਂਹਵਧੂ ਕਿਸਾਨ, ਖੇਤੀਬਾੜੀ ਵਿਭਾਗ ਦੇ ਮਾਹਿਰ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Translate »